ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਵਾਸਤੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਨੌਰੰਗਾਬਾਦ ’ਚ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ, ਜਿਨ੍ਹਾਂ ਨੇ ਮੰਚ ਤੋਂ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਕੇਂਦਰੀ ਏਜੰਸੀਆਂ ਦੀ ਸਾਜਿਸ਼ ਦਾ ਕਿਸੇ ਕੀਮਤ ’ਤੇ ਸ਼ਿਕਾਰ ਨਹੀਂ ਹੋਣ ਦਿੱਤਾ ਜਾਵੇਗਾ।
ਸੁਖਬੀਰ ਨੇ ਸਪੱਸ਼ਟ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਤਰੀਕੇ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ ਤੇ ਨਾ ਹੀ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਕੇ ਸੂਬੇ ਨੂੰ ਮੁੜ ਕਾਲ਼ੇ ਦੌਰ ਵਿਚ ਧੱਕਣ ਦੀਆਂ ਕੋਸ਼ਿਸ਼ਾਂ ਕਾਮਯਾਬ ਹੋਣ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਏਜੰਸੀਆਂ ਸਿੱਖ ਕੌਮ ਨੂੰ ਵੰਡਣਾ ਚਾਹੁੰਦੀਆਂ ਹਨ ਅਤੇ ਅਕਾਲੀ ਦਲ ਆਪਣੀ ਵਚਨਬੱਧਤਾ ’ਤੇ ਖੜ੍ਹਾ ਹੈ ਕਿ ਉਹ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦੇਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਵਨਾਵਾਂ ਵਿਚ ਵਹਿਣ ਦੀ ਬਜਾਏ ਯਾਦ ਰੱਖਣ ਕਿ 103 ਸਾਲ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਪੰਥ ਦੀ ਪ੍ਰਤੀਨਿਧਤਾ ਕਰਦਾ ਹੈ ਨਾ ਕਿ ਕੋਈ ਅਜਿਹਾ ਜੋ ਸਿਰਫ ਇਕ ਸਾਲ ਤੋਂ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਅਤੇ ਮਰਹੂਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਰੀਬ ਸਾਢੇ 10 ਸਾਲ ਟਾਡਾ ਅਤੇ ਐੱਨਐੱਸਏ ਵਰਗੇ ਕਾਲੇ ਕਾਨੂੰਨੀ ਤਹਿਤ ਜੇਲ੍ਹ ਵਿਚ ਬਿਤਾਉਣ ਦੀ ਗੱਲ ਕਰਦਿਆਂ ਕਿਹਾ ਕਿ ਪਾਰਟੀ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਵੀ 10 ਸਾਲ ਜੇਲ੍ਹ ਵਿਚ ਬਿਤਾਏ ਹਨ।
ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਮੌਕੇ ਪਾਰਟੀ ਉਮੀਦਵਾਰ ਪ੍ਰੋ. ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਜ਼ਿਲ੍ਹਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਜਿਥੇ ਸੰਬੋਧਨ ਕੀਤਾ। ਉਥੇ ਹੀ ਸਾਬਕਾ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਗੁਰਸੇਵਕ ਸਿੰਘ ਸ਼ੇਖ, ਦਲਬੀਰ ਸਿੰਘ ਜਹਾਂਗੀਰ ਮੀਤ ਪ੍ਰਧਾਨ, ਕੁਲਦੀਪ ਸਿੰਘ ਔਲਖ ਮੀਤ ਪ੍ਰਧਾਨ, ਸਤਨਾਮ ਸਿੰਘ ਚੋਹਲਾ ਸੀਨੀਅਰ ਅਕਾਲੀ ਆਗੂ, ਗੁਰਿੰਦਰ ਸਿੰਘ ਟੋਨੀ, ਰਮਨਦੀਪ ਸਿੰਘ ਭਰੋਵਾਲ ਮੀਤ ਪ੍ਰਧਾਨ ਤੋਂ ਇਲਾਵ ਹੋਰ ਆਗੂ ਵੀ ਮੌਜੂਦ ਸਨ। ਜਦੋਂਕਿ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਆਪਣੀਆਂ ਟੀਮਾਂ ਸਮੇਤ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਵੀ ਕੀਤਾ।
Sukhbir Badal Held Public Meeting In Favor Of Virsa Singh Valtoha Will Not Let Youth Become Victims Of Conspiracy
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)