ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮਾਫ਼ੀ, ਇਤਰਾਜ਼ਯੋਗ ਟਿੱਪਣੀਆਂ ਬਾਰੇ ਦਿੱਤਾ ਸਪੱਸ਼ਟੀਕਰਨ

28/10/2024 | Public Times Bureau | Panjab

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਰਾਜਾ ਵੜਿੰਗ ਨੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉੱਥੋਂ ਦੇ ਜੱਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਰੇ ਨਿਯਮਾਂ ਨੂੰ ਮੈਂ ਇੱਕ ਨਿਮਾਣੇ ਸਿੱਖ ਵੱਜੋਂ ਹਮੇਸ਼ਾ ਮੰਨਦਾ ਆਇਆ ਹਾਂ ਤੇ ਸਮੁੱਚੇ ਜੀਵਨ ਮੰਨਦਾ ਰਿਹਾਂਗਾ। ਆਪ ਜਿਸ ਅਸਥਾਨ ਉੱਤੇ ਬਿਰਾਜਮਾਨ ਹੋ ਮੈਂ ਉਸ ਬਾਰੇ ਕਦੇ ਵੀ ਕੋਈ ਇਤਰਾਜ਼ਯੋਗ ਟਿੱਪਣੀ ਕਰਨ ਬਾਰੇ ਸੋਚ ਵੀ ਨਹੀਂ ਸਕਦਾ। ਮੈਂ ਸਿੱਖ ਮਰਿਆਦਾ ਵਿੱਚ ਰਹਿਣ ਵਾਲਾ ਸਿੱਖ ਹਾਂ ਤੇ ਮੇਰੇ ਵਲੋਂ ਪਿਛਲੇ ਦਿਨੀਂ ਕੀਤੀਆਂ ਗਈਆਂ ਟਿੱਪਣੀਆਂ ਕਿਸੇ ਹੋਰ ਸਿਆਸੀ ਪਾਰਟੀ ਸੰਬੰਧੀ ਸਨ। ਫਿਰ ਵੀ ਜੇਕਰ ਅਣਜਾਣੇ ਵਿੱਚ ਮੈਥੋਂ ਜੋ ਇਸ ਮਹਾਨ ਸੰਸਥਾ ਦੀ ਸ਼ਾਨ ਤੇ ਅਜਮਤ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖਿਮਾਂ ਦਾ ਜਾਚਕ ਹਾਂ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਾਹਮਣੇ ਸਿਰ ਝੁਕਾਉਂਦਾ ਹੋਇਆ ਜਥੇਦਾਰ ਸਾਹਿਬ ਪਾਸੋਂ ਮੁਆਫ਼ੀ ਦਾ ਤਲਬਗਾਰ ਹਾਂ। ਮੈਂ ਸਮਝਦਾ ਹਾਂ ਕਿ ਮਨੁੱਖ ਭੁਲਣਹਾਰ ਹੈ ਅਤੇ ਗੁਰੂ ਬਖਸ਼ਿੰਦ ਹੈ, ਇਸ ਲਈ ਮੇਰੀ ਬੇਨਤੀ ਹੈ ਕਿ ਭੁੱਲ ਵਿਚ ਹੋਈ ਮੇਰੀ ਉਪਰੋਕਤ ਖੁਨਾਮੀ ਨੂੰ ਬਖਸ਼ ਦਿੱਤਾ ਜਾਵੇ। ਆਪ ਦਾ ਹੁਕਮ ਹਮੇਸਾ ਸਿਰ ਮੱਥੇ।

ਦੱਸਣਯੋਗ ਹੈ ਕਿ 24 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਸੀ। ਗਿਆਨੀ ਰਘਬੀਰ ਸਿੰਘ ਨੇ ਆਖਿਆ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਾਜਿਆ ਸੱਚੀ ਪਾਤਸ਼ਾਹੀ ਦਾ ਤਖ਼ਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰਮਤਿ ਸਿਧਾਂਤਾਂ ਦੀ ਤਰਜ਼ਮਾਨੀ ਕਰਨ ਵਾਲਾ ਸਿੱਖਾਂ ਦਾ ਸਰਬਉੱਚ ਅਸਥਾਨ ਹੈ ਅਤੇ ਸਿੱਖ ਸਿਧਾਂਤਾਂ ਦੀ ਅਵੱਗਿਆ ਕਰਨ ਵਾਲੇ ਕਿਸੇ ਵੱਡੇ ਤੋਂ ਵੱਡੇ ਤਾਕਤਵਰ ਦੇ ਨਾਲ ਵੀ ਇੱਥੋਂ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਰਾਜਾ ਵੜਿੰਗ ਨੇ ਆਪਣੀ ਸਿਆਸੀ ਬੁਖਲਾਹਟ ਵਿਚ ਕੀਤੀ ਬਿਆਨਬਾਜ਼ੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਅਤੇ ਸਨਮਾਨ ਨੂੰ ਭਾਰੀ ਠੇਸ ਪਹੁੰਚਾਈ ਹੈ, ਜੋ ਹਰਗਿਜ਼ ਨਾ-ਕਾਬਲੇ-ਬਰਦਾਸ਼ਤ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖ਼ਿਲਾਫ਼ ਕੂੜ-ਪ੍ਰਚਾਰ ਕਰਨ ਤੋਂ ਪਹਿਲਾਂ ਆਪਣੇ ਗਿਰੀਵਾਨ ਵਿਚ ਝਾਤ ਮਾਰਨੀ ਚਾਹੀਦੀ ਹੈ ਕਿ ਉਹ ਉਸ ਕਾਂਗਰਸ ਪਾਰਟੀ ਦਾ ਪੰਜਾਬ ਪ੍ਰਧਾਨ ਹੈ, ਜਿਸ ਦੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ-ਟੈਂਕਾਂ ਦੇ ਨਾਲ ਢਾਹਿਆ ਸੀ ਅਤੇ ਹਜ਼ਾਰਾਂ ਸਿੱਖਾਂ ਦਾ ਕੋਹ-ਕੋਹ ਕੇ ਕਤਲੇਆਮ ਕੀਤਾ ਸੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਜੇਕਰ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਤੁਰੰਤ ਗੁਰੂ ਪੰਥ ਕੋਲੋਂ ਮਾਫ਼ੀ ਨਾ ਮੰਗੀ ਤਾਂ ਉਸ ਦੇ ਖ਼ਿਲਾਫ਼ ਅਗਲੇ ਦਿਨਾਂ ਦੌਰਾਨ ਸਿੱਖ ਪਰੰਪਰਾਵਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।

Raja Waring Apologized To The Jathedar Of Sri Akal Takht Sahib Gave An Explanation About The Objectionable Comments


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App