ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਜ਼ਿਮਨੀ ਚੋਣ ਪ੍ਰਕਿਰਿਆ ਦੇ ਅੰਤਿਮ ਪੜਾਅ ਉੱਤੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਲੀਡਰਾਂ ਨੂੰ 17 ਜੂਨ ਸ਼ਾਮ 6 ਵਜੇ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਹਲਕਾ ਛੱਡਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਜਾਂ ਵੰਡ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਜੇਕਰ ਨਕਦੀ ਜਾਂ ਹੋਰ ਕਿਸੇ ਵੀ ਤਰ੍ਹਾਂ ਦਾ ਸਮਾਨ ਵੰਡੇ ਜਾਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।
ਮੁੱਖ ਚੋਣ ਅਧਿਕਾਰੀ ਨੇ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ 'ਤੇ ਪੀਣ ਵਾਲੇ ਪਾਣੀ, ਛਬੀਲ, ਵੇਟਿੰਗ ਏਰੀਆ, ਪਖਾਨਿਆਂ ਅਤੇ ਸ਼ੈੱਡ ਸਮੇਤ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਜਾਰੀ ਕੀਤੀ ਗਈ ਐਡਵਾਇਜ਼ਰੀ ਦੀ ਪਾਲਣਾ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਸਿਬਿਨ ਸੀ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ, ਪੋਲਿੰਗ ਬੂਥਾਂ, ਸਟਰਾਂਗ ਰੂਮਾਂ, ਕਾਊਂਟਿੰਗ ਹਾਲ ਅਤੇ ਮੈਡੀਕਲ ਸਹੂਲਤਾਂ ਬਾਰੇ ਵੀ ਸਾਰੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀ ਨੂੰ ਦੱਸਿਆ ਕਿ ਜ਼ਿਮਨੀ ਚੋਣ ਲਈ ਹਰ ਪ੍ਰਕਾਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨਿਰਦੇਸ਼ ਅੱਜ ਵਾਲੀ ਮੀਟਿੰਗ ਵਿੱਚ ਦਿੱਤੇ ਗਏ ਹਨ, ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ।
ਮੀਟਿੰਗ ਦੌਰਾਨ ਐਡੀਸ਼ਨਲ ਸੀਈਓ ਹਰੀਸ਼ ਨਈਅਰ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਹਲਕੇ ਦੇ ਕੁੱਲ ਵੋਟਰਾਂ, ਸੰਵੇਦਨਸ਼ੀਲ ਅਤੇ ਪੋਲਿੰਗ ਬੂਥਾਂ ਦੀ ਗਿਣਤੀ
ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲਈ 66 ਥਾਵਾਂ ਉੱਤੇ ਕੁੱਲ 194 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 10 ਮਾਡਲ ਪੋਲਿੰਗ ਬੂਥ, ਇੱਕ ਔਰਤਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ, ਇੱਕ ਵਾਤਾਵਰਣ ਅਨੁਕੂਲ "ਹਰਾ" ਪੋਲਿੰਗ ਬੂਥ ਅਤੇ ਇੱਕ ਪੀ.ਡਬਲਯੂ.ਡੀ ਸਟਾਫ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ ਸ਼ਾਮਲ ਹੈ। ਇਸ ਤੋਂ ਇਲਾਵਾ 13 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨਿਆ ਗਿਆ ਹੈ, ਜਿੱਥੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਬਜ਼ੁਰਗ, ਦਿਵਿਆਂਗ ਅਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨਾਲ ਪੀੜਤ ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਵੋਟਿੰਗ ਕਰਵਾਈ ਗਈ ਹੈ, ਜਿਸ ਵਿੱਚ ਕੁੱਲ 239 ਵੋਟਰਾਂ ਨੇ ਹਿੱਸਾ ਲਿਆ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ 23 ਜੂਨ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਜਿਸ ਲਈ ਖਾਲਸਾ ਕਾਲਜ ਫਾਰ ਵੂਮੈਨ, ਲਧਿਆਣਾ ਨੂੰ ਕਾਊਂਟਿੰਗ ਸੈਂਟਰ ਬਣਾਇਆ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪੂਰੇ ਹਲਕੇ ਵਿੱਚ 54 ਥਾਵਾਂ ਉੱਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਸੁਰੱਖਿਆ ਬਲਾਂ ਵੱਲੋਂ ਹਰ ਗਤੀਵਿਧੀ ਉੱਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
Dc And Police Commissioner Directed To Ensure Extra Vigilance During 72 48 And 24 Hours Before Voting
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)