ਹੋਲਾ ਮਹੱਲਾ 2026 ਦਾ ਆਗਾਜ਼: ਸ੍ਰੀ ਕੀਰਤਪੁਰ ਸਾਹਿਬ ਵਿੱਚ ਪਹਿਲਾ ਪੜਾਅ ਸ਼ੁਰੂ, ਸੰਗਤਾਂ ਦੀ ਭਾਰੀ ਰੌਣਕ

28/02/2026 | Public Times Bureau | Panjab

ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿੱਚ 27 ਫਰਵਰੀ ਨੂੰ ਹੋਲੇ ਮਹੱਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ “ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਨਾਲ ਹੋਈ। ਦੂਜੇ ਦਿਨ ਗੁਰੂ ਘਰਾਂ ਵਿੱਚ ਸੰਗਤਾਂ ਦੀ ਭਾਰੀ ਰੌਣਕ ਦੇਖਣ ਨੂੰ ਮਿਲੀ ਅਤੇ ਸ਼ਰਧਾਲੂ ਨਤਮਸਤਕ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋ ਰਹੇ ਹਨ।
ਸੰਗਤਾਂ ਨੇ ਗੁਰਦੁਆਰਾ ਪਤਾਲਪੁਰੀ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਦਰਗਾਹ ਪੀਰ ਸਾਈ ਬੁੱਢਣ ਸ਼ਾਹ ਜੀ, ਗੁਰਦੁਆਰਾ ਚਰਨ ਕਮਲ ਸਾਹਿਬ, ਗੁਰਦੁਆਰਾ ਸ਼ੀਸ਼ ਮਹਿਲ ਅਤੇ ਗੁਰਦੁਆਰਾ ਬਿਬਾਨ ਗੜ੍ਹ ਸਾਹਿਬ ਵਿੱਚ ਮੱਥਾ ਟੇਕਿਆ। ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਭੋਗ 1 ਮਾਰਚ ਨੂੰ ਪਾਏ ਜਾਣਗੇ। ਵੱਖ-ਵੱਖ ਗੁਰੂ ਘਰਾਂ ਵਿੱਚ ਦੀਵਾਨ ਸਜਾਏ ਗਏ ਹਨ।
ਪਹਿਲੇ ਪੜਾਅ ਦੀ ਆਰੰਭਤਾ ਸਮੇਂ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਵਿੱਤਰ ਸਰੂਪ ਨੂੰ ਸੁੰਦਰ ਪਾਲਕੀ ਵਿੱਚ ਸਜਾ ਕੇ ਗੁਰਦੁਆਰਾ ਸਾਹਿਬ ਵਿਖੇ ਲੈ ਕੇ ਆਉਣ ਉਪਰੰਤ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਹੋਲੇ ਮਹੱਲੇ ਦੀ ਆਰੰਭਤਾ ਦਾ ਐਲਾਨ ਹੋਇਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਮੇਲਾ ਨਹੀਂ, ਸਿੱਖਾਂ ਦੀ ਏਕਤਾ ਅਤੇ ਸ਼ੌਰਯ ਦਾ ਤਿਉਹਾਰ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਪੂਰੀ ਪਵਿੱਤਰਤਾ ਨਾਲ ਮਨਾਇਆ ਜਾਵੇ ਅਤੇ ਗੁਰਬਾਣੀ, ਢਾਡੀ ਵਾਰਾਂ ਤੇ ਕਵੀਸ਼ਰੀ ਰਾਹੀਂ ਆਧਿਆਤਮਿਕ ਮਾਹੌਲ ਬਣਾਇਆ ਜਾਵੇ।
ਇਸ ਕੌਮੀ ਤਿਉਹਾਰ ਮੌਕੇ 5 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। 200 ਤੋਂ ਵੱਧ ਸੀਸੀਟੀਵੀ ਅਤੇ ਡਰੋਨ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਸੰਗਤਾਂ ਦੀ ਸਹੂਲਤ ਲਈ ਲੰਗਰ, ਜੋੜਾ ਘਰ ਅਤੇ ਰਹਾਇਸ਼ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਨਗਾਰਿਆਂ ਦੀ ਚੋਟ 'ਤੇ ਹੋਲੇ ਮਹੱਲੇ ਦੀ ਆਰੰਭਤਾ ਹੋਈ। ਵੱਖ-ਵੱਖ ਕੀਰਤਨੀ ਅਤੇ ਢਾਡੀ ਜਥਿਆਂ ਵੱਲੋਂ ਗੁਰਬਾਣੀ ਅਤੇ ਇਤਿਹਾਸਕ ਵਾਰਾਂ ਦਾ ਗਾਇਨ ਕੀਤਾ ਗਿਆ।
ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾ ਰਿਹਾ ਛੇ ਰੋਜ਼ਾ ਹੋਲਾ ਮਹੱਲਾ 27, 28 ਫਰਵਰੀ ਅਤੇ 1 ਮਾਰਚ ਨੂੰ ਕੀਰਤਪੁਰ ਸਾਹਿਬ ਤੇ 2, 3 ਅਤੇ 4 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ। ਸੰਗਤਾਂ ਟਰੈਕਟਰ-ਟਰਾਲੀਆਂ, ਮੋਟਰਸਾਈਕਲਾਂ ਅਤੇ ਕਾਰਾਂ ਰਾਹੀਂ ਵੱਡੀ ਗਿਣਤੀ ਵਿੱਚ ਦਰਸ਼ਨਾਂ ਲਈ ਪਹੁੰਚ ਰਹੀਆਂ ਹਨ।
ਧਾਰਮਿਕ ਉਤਸ਼ਾਹ, ਸੁਰੱਖਿਆ ਪ੍ਰਬੰਧ ਅਤੇ ਸੰਗਤਾਂ ਦੀ ਭਾਰੀ ਸ਼ਮੂਲੀਅਤ ਨਾਲ ਪੂਰਾ ਇਲਾਕਾ ਗੁਰੂਮਈ ਰੰਗ ਵਿੱਚ ਰੰਗਿਆ ਹੋਇਆ ਹੈ।

Hola Mohalla 2026 Begins First Phase Begins In Sri Kiratpur Sahib Huge Excitement From Devotees


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App