ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਚੰਡੀਗੜ੍ਹ ਦੌਰੇ ਨੇ ਬੁੱਧਵਾਰ ਨੂੰ ਰਾਜਨੀਤਿਕ ਮਾਹੌਲ ਨੂੰ ਗਰਮ ਕਰ ਦਿੱਤਾ। ਉਹ ਦੁਪਹਿਰ ਲਗਭਗ 12:30 ਵਜੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਐਮਰਜੈਂਸੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮ ਵਿੱਚ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਨਗੇ। ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਹੀ ਕਾਂਗਰਸ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕਾਲੀਆਂ ਝੰਡੀਆਂ ਲਹਿਰਾਉਂਦਿਆਂ ਸੜਕਾਂ ‘ਤੇ ਨਾਅਰੇਬਾਜ਼ੀ ਕੀਤੀ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਕਾਂਗਰਸ ਵੱਲੋਂ ਪੇਪਰ ਲੀਕ ਮਾਮਲਿਆਂ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਸਥਿਤੀ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਹਨ। ਕਾਂਗਰਸ ਵਰਕਰਾਂ ਨੂੰ ਸੈਕਟਰ-17 ਦੇ ਨੇੜੇ ਹੀ ਰੋਕ ਲਿਆ ਗਿਆ ਤਾਂ ਜੋ ਉਹ ਟੈਗੋਰ ਥੀਏਟਰ ਤੱਕ ਨਾ ਪਹੁੰਚ ਸਕਣ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਤਣਾਅਪੂਰਨ ਹਾਲਾਤ ਬਣੇ ਰਹੇ ਅਤੇ ਨਾਅਰੇਬਾਜ਼ੀ ਜਾਰੀ ਰਹੀ। ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਨਾਲ ਜੁੜੇ ਪੇਪਰ ਲੀਕ ਮਾਮਲਿਆਂ ਨੇ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਦੇ ਭਵਿੱਖ ਨੂੰ ਪ੍ਰਭਾਵਿਤ ਕੀਤਾ ਹੈ। ਇਸੇ ਮੁੱਦੇ ਨੂੰ ਲੈ ਕੇ ਪਾਰਟੀ ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ ਵਿੱਚ ਲਗਾਤਾਰ ਪ੍ਰਦਰਸ਼ਨ ਕਰ ਰਹੀ ਹੈ।
ਦੂਜੇ ਪਾਸੇ, ਭਾਜਪਾ ਵੱਲੋਂ ਟੈਗੋਰ ਥੀਏਟਰ ਵਿੱਚ ਐਮਰਜੈਂਸੀ ਦੇ ਇਤਿਹਾਸਕ ਪੱਖਾਂ ‘ਤੇ ਕੇਂਦਰਿਤ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਪ੍ਰੋਗਰਾਮ ਵਿੱਚ ਐਮਰਜੈਂਸੀ ਨੂੰ ਭਾਰਤੀ ਲੋਕਤੰਤਰ ਦਾ ਕਾਲਾ ਅਧਿਆਏ ਦੱਸਦਿਆਂ ਉਸ ਸਮੇਂ ਦੀਆਂ ਘਟਨਾਵਾਂ ਅਤੇ ਸੰਵਿਧਾਨਕ ਸੰਸਥਾਵਾਂ ‘ਤੇ ਪਏ ਪ੍ਰਭਾਵਾਂ ‘ਤੇ ਚਰਚਾ ਕੀਤੀ ਜਾਵੇਗੀ। ਕੇਂਦਰੀ ਮੰਤਰੀ ਦੇ ਆਉਣ ਤੋਂ ਪਹਿਲਾਂ ਹੀ ਟੈਗੋਰ ਥੀਏਟਰ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਹੈ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹਨ ਅਤੇ ਸਥਿਤੀ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।
Political Tension In Chandigarh Protests Security Tightened During Union Minister s Visit
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)