ਅਸਾਮ ਸਰਕਾਰ ਨੇ ਬਹੁ-ਵਿਆਹ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਦਿਆਂ ਸੂਬੇ ਦੇ ਬਜਟ ਵਿੱਚ ਵੱਡਾ ਪ੍ਰਸਤਾਵ ਪੇਸ਼ ਕੀਤਾ ਹੈ। ਹੁਣ ਬਹੁ-ਵਿਆਹ ਕਰਨ ਵਾਲੇ ਮਰਦਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਨਾ ਦੇਣ ਦੀ ਤਜਵੀਜ਼ ਰੱਖੀ ਗਈ ਹੈ। ਇਸ ਦੇ ਨਾਲ ਹੀ ਜੇਕਰ ਕੋਈ ਸਰਕਾਰੀ ਮੁਲਾਜ਼ਮ ਬਹੁ-ਵਿਆਹ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਨੌਕਰੀ ਤੋਂ ਬਰਖ਼ਾਸਤਗੀ ਤੱਕ ਦੀ ਕਾਰਵਾਈ ਕੀਤੀ ਜਾ ਸਕੇਗੀ। ਸੂਬੇ ਦੇ ਵਿੱਤ ਮੰਤਰੀ ਜੈਅੰਤ ਮੱਲ ਬਰੂਆ ਨੇ ਸ਼ੁੱਕਰਵਾਰ ਨੂੰ ਆਪਣਾ ਪਹਿਲਾ ਬਜਟ ਪੇਸ਼ ਕਰਦਿਆਂ ਕਿਹਾ ਕਿ ਕਿਸੇ ਵੀ ਅਪਰਾਧਕ ਕਾਨੂੰਨ ਤਹਿਤ ਦੋਸ਼ੀ ਪਾਏ ਗਏ ਵਿਅਕਤੀਆਂ ਨੂੰ ਸਰਕਾਰੀ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਦੇਣ ’ਤੇ ਰੋਕ ਲਗਾਉਣ ਦਾ ਪ੍ਰਸਤਾਵ ਹੈ। ਇਸੇ ਨੀਤੀ ਤਹਿਤ ਬਹੁ-ਵਿਆਹ ਦੇ ਦੋਸ਼ੀਆਂ ਖ਼ਿਲਾਫ਼ ਵੀ ਸਖ਼ਤੀ ਕਰਨ ਦੀ ਤਿਆਰੀ ਕੀਤੀ ਗਈ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਕਾਰਨ ਨਿਯਮਤ ਬਜਟ ਪਹਿਲਾਂ ਪੇਸ਼ ਨਹੀਂ ਕੀਤਾ ਜਾ ਸਕਿਆ ਸੀ। ਹੁਣ ਅਗਸਤ ਮਹੀਨੇ ਤੋਂ ਸੂਬਾ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ, ਜਿਨ੍ਹਾਂ ਲਈ 6,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਪ੍ਰਬੰਧ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਸਾਮ ਵਿਧਾਨ ਸਭਾ ਵੱਲੋਂ ਪਿਛਲੇ ਸਾਲ ਅਸਾਮ ਬਹੁ-ਵਿਆਹ ਰੋਕੂ ਬਿੱਲ 2025 ਪਾਸ ਕੀਤਾ ਗਿਆ ਸੀ। ਇਸ ਕਾਨੂੰਨ ਅਨੁਸਾਰ ਪਹਿਲੇ ਵਿਆਹ ਦੇ ਕਾਨੂੰਨੀ ਤੌਰ ’ਤੇ ਖ਼ਤਮ ਹੋਣ ਤੋਂ ਬਿਨਾਂ ਦੂਜਾ ਵਿਆਹ ਕਰਨ ਜਾਂ ਇਸ ਨੂੰ ਲੁਕਾਉਣ ਵਾਲੇ ਵਿਅਕਤੀ ਨੂੰ ਵੱਧ ਤੋਂ ਵੱਧ ਸੱਤ ਸਾਲ ਦੀ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।
ਇਸ ਤੋਂ ਇਲਾਵਾ ਅਸਾਮ ਸਰਕਾਰ ਨੇ ਅਗਲੇ ਪੰਜ ਸਾਲਾਂ ਦੌਰਾਨ ਦੋ ਲੱਖ ਲੋਕਾਂ ਨੂੰ ਸਰਕਾਰੀ ਅਤੇ ਜਨਤਕ ਖੇਤਰ ਵਿੱਚ ਰੋਜ਼ਗਾਰ ਦੇਣ ਦਾ ਟੀਚਾ ਵੀ ਐਲਾਨਿਆ ਹੈ। ਜੈਅੰਤ ਮੱਲ ਬਰੂਆ ਨੇ ਕਿਹਾ ਕਿ ਸਰਕਾਰ ਖਾਲੀ ਅਸਾਮੀਆਂ ਭਰਨ ਦੇ ਨਾਲ-ਨਾਲ ਨਵੀਆਂ ਨਿਯੁਕਤੀਆਂ ਲਈ ਨਵੇਂ ਅਹੁਦੇ ਵੀ ਸਿਰਜੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਸੂਬਾ ਸਰਕਾਰ ਵੱਲੋਂ 1.64 ਲੱਖ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ’ਤੇ ਧਿਆਨ ਦਿੱਤਾ ਜਾਵੇਗਾ।
Major Announcement In Assam Budget Government Benefits To Be Withheld From Those Practicing Polygamy Employees Jobs Also At Risk
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)