ਬਟਾਲਾ ਦੇ ਅੰਮ੍ਰਿਤਸਰ ਰੋਡ ਸਥਿਤ ਇੱਕ ਬੈਂਕ ਨੇੜੇ ਸ਼ਨੀਵਾਰ ਨੂੰ ਸੀਵਰੇਜ ਲਾਈਨ ਵਿਛਾਉਣ ਲਈ ਕੀਤੀ ਜਾ ਰਹੀ ਖੁਦਾਈ ਦੌਰਾਨ ਗੈਸ ਪਾਈਪਲਾਈਨ ਨੁਕਸਾਨੀ ਜਾਣ ਕਾਰਨ ਗੈਸ ਲੀਕ ਹੋ ਗਈ। ਗੈਸ ਦੇ ਰਿਸਾਅ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ, ਪਰ ਸਬੰਧਤ ਵਿਭਾਗਾਂ ਦੀ ਤੁਰੰਤ ਕਾਰਵਾਈ ਨਾਲ ਵੱਡਾ ਹਾਦਸਾ ਟਲ ਗਿਆ। ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਨੂੰ ਖਾਲੀ ਕਰਵਾ ਕੇ ਗੈਸ ਸਪਲਾਈ ਤੁਰੰਤ ਬੰਦ ਕਰ ਦਿੱਤੀ ਗਈ। ਇੱਕ ਫੈਕਟਰੀ ਵੱਲੋਂ ਸੀਵਰੇਜ ਲਾਈਨ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਸੀ। ਖੁਦਾਈ ਦੌਰਾਨ ਕਥਿਤ ਤੌਰ ’ਤੇ ਗੈਸ ਪਾਈਪਲਾਈਨ ਟੁੱਟ ਗਈ, ਜਿਸ ਨਾਲ ਗੈਸ ਦਾ ਰਿਸਾਅ ਸ਼ੁਰੂ ਹੋ ਗਿਆ। ਗੈਸ ਫੈਲਣ ਨਾਲ ਨੇੜਲੇ ਦੁਕਾਨਦਾਰਾਂ, ਦਫ਼ਤਰਾਂ ਦੇ ਕਰਮਚਾਰੀਆਂ ਅਤੇ ਰਾਹਗੀਰਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕਾਂ ਨੇ ਸੁਰੱਖਿਆ ਵਜੋਂ ਤੁਰੰਤ ਥਾਂ ਖਾਲੀ ਕਰ ਦਿੱਤੀ। ਸੂਚਨਾ ਮਿਲਦੇ ਹੀ ਗੈਸ ਕੰਪਨੀ ਦੇ ਅਧਿਕਾਰੀ, ਅੱਗ ਬੁਝਾਊ ਦਸਤਾ ਅਤੇ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਅਧਿਕਾਰੀਆਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਗੈਸ ਸਪਲਾਈ ਬੰਦ ਕੀਤੀ ਅਤੇ ਰਿਸਾਅ ਨੂੰ ਕਾਬੂ ਕਰਨ ਲਈ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਖੁਦਾਈ ਦੌਰਾਨ ਲਾਪਰਵਾਹੀ ਕਾਰਨ ਪਾਈਪਲਾਈਨ ਨੂੰ ਨੁਕਸਾਨ ਪਹੁੰਚਿਆ। ਸਬੰਧਤ ਅਧਿਕਾਰੀਆਂ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਰਿਪੋਰਟ ਦੇ ਆਧਾਰ ’ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਬਟਾਲਾ ਵਿੱਚ ਗੈਸ ਪਾਈਪਲਾਈਨ ਲੀਕ ਹੋਣ ਦੀ ਇਹ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਮਰਪੁਰਾ ਇਲਾਕੇ ਵਿੱਚ ਗੈਸ ਰਿਸਾਅ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਿਆ ਸੀ। ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਖੁਦਾਈ ਕਾਰਜਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਨਿਗਰਾਨੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਗੈਸ ਪਾਈਪਲਾਈਨਾਂ ਦੇ ਨੇੜੇ ਹੋਣ ਵਾਲੇ ਖੁਦਾਈ ਕਾਰਜਾਂ ਦੀ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
Gas Pipeline Ruptured During Excavation Major Accident Averted In Batala Due To Timely Action
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)