ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਆਪਣੀ ਸਿਆਸੀ ਰਣਨੀਤੀ ਸਪੱਸ਼ਟ ਕਰ ਦਿੱਤੀ ਹੈ। ਪਾਰਟੀ ਨੇ ਐਲਾਨ ਕੀਤਾ ਕਿ ਉਹ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ ਅਤੇ ਭਾਜਪਾ ਨਾਲ ਕਿਸੇ ਵੀ ਤਰ੍ਹਾਂ ਦਾ ਗੱਠਜੋੜ ਨਹੀਂ ਕਰੇਗੀ। ਜਲੰਧਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਆਗੂਆਂ ਨੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਾਨੂੰਨੀ ਰਿਹਾਈ ਲਈ ਰਾਜਪਾਲ ਨਾਲ ਮੁਲਾਕਾਤ ਸਮੇਤ ਹਰ ਸੰਭਵ ਕਾਨੂੰਨੀ ਤੇ ਸੰਵਿਧਾਨਕ ਚਾਰਾਜੋਈ ਕੀਤੀ ਜਾ ਰਹੀ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉਪ ਪ੍ਰਧਾਨ ਅਤੇ ਸਮਾਜ ਸੇਵੀ ਰਜਵਿੰਦਰ ਸਿੰਘ ਸੰਧਰ (ਸੰਦਲ) ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਮੂਲੀਅਤ ਕੀਤੀ। ਮਨਪ੍ਰੀਤ ਸਿੰਘ ਇਯਾਲੀ ਅਤੇ ਬਾਪੂ ਤਰਸੇਮ ਸਿੰਘ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਸੰਧਰ ਨੇ ਕਿਹਾ ਕਿ ਉਹ ਦੋਆਬਾ ਖੇਤਰ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਪਾਰਟੀ ਆਗੂਆਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੀ ਰੋਕਥਾਮ, ਬੇਅਦਬੀ ਮਾਮਲਿਆਂ ਵਿੱਚ ਕਾਰਵਾਈ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ।
ਮਨਪ੍ਰੀਤ ਸਿੰਘ ਇਯਾਲੀ ਨੇ ਅਕਾਲੀ-ਭਾਜਪਾ ਗੱਠਜੋੜ ਦੀਆਂ ਸੰਭਾਵਨਾਵਾਂ ’ਤੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਪਣੀ ਵੱਖਰੀ ਪੰਥਕ ਵਿਚਾਰਧਾਰਾ ਨਾਲ ਸਿਆਸੀ ਮੈਦਾਨ ਵਿੱਚ ਉਤਰੇਗਾ। ਕਾਂਗਰਸ ’ਤੇ ਟਿੱਪਣੀ ਕਰਦਿਆਂ ਆਗੂਆਂ ਨੇ ਕਿਹਾ ਕਿ ਅੰਦਰੂਨੀ ਕਲੇਸ਼ ਕਾਰਨ ਲੋਕਾਂ ਦਾ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ। ਪੰਥਕ ਏਕਤਾ ਬਾਰੇ ਪਾਰਟੀ ਨੇ ਕਿਹਾ ਕਿ ਉਹ ਏਕਤਾ ਦੇ ਹੱਕ ਵਿੱਚ ਹੈ, ਪਰ ਇਸ ਲਈ ਨਿੱਜੀ ਸਿਆਸੀ ਲਾਭ ਦੀ ਬਜਾਏ ਪੰਥ ਪ੍ਰਤੀ ਸਮਰਪਣ ਅਤੇ ਤਿਆਗ ਦੀ ਭਾਵਨਾ ਜ਼ਰੂਰੀ ਹੈ। ਆਗੂਆਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣਾ ਆਗੂ ਪ੍ਰਵਾਨ ਕਰਕੇ ਪਾਰਟੀ ਨਾਲ ਜੁੜਨ ਦੇ ਇੱਛੁਕ ਆਗੂਆਂ ਤੇ ਵਰਕਰਾਂ ਲਈ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ।
akali Dal Waris Punjab De Will Contest Elections On 117 Seats
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)