ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਲਾਇਆ ਪੱਕਾ ਮੋਰਚਾ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਦੇ ਕਾਫ਼ਲੇ ਮੋਰਚੇ ਵਿੱਚ ਪਹੁੰਚਦੇ ਰਹੇ। ਮੋਰਚੇ ਕਾਰਨ ਮੁਹਾਲੀ ਤੋਂ ਚੰਡੀਗੜ੍ਹ ਜਾਣ ਵਾਲੀ ਮੁੱਖ ਸੜਕ ’ਤੇ ਆਵਾਜਾਈ ਪ੍ਰਭਾਵਿਤ ਰਹੀ। ਕਿਸਾਨ ਆਗੂਆਂ ਨੇ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ, ਸਾਰੀਆਂ ਫ਼ਸਲਾਂ ’ਤੇ MSP ਦੀ ਗਾਰੰਟੀ, ਗੰਨਾ ਉਤਪਾਦਕਾਂ ਦੀਆਂ ਬਕਾਇਆ ਅਦਾਇਗੀਆਂ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਸਾਨੀ ਨੂੰ ਪ੍ਰਭਾਵਿਤ ਕਰਨ ਵਾਲੀਆਂ ਕੌਮਾਂਤਰੀ ਵਪਾਰ ਨੀਤੀਆਂ ’ਤੇ ਵੀ ਸਰਕਾਰ ਤੋਂ ਸਪੱਸ਼ਟ ਰੁਖ ਅਪਣਾਉਣ ਦੀ ਮੰਗ ਕੀਤੀ।
ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹੈ। ਉਨ੍ਹਾਂ ਕਿਸਾਨਾਂ ਨੂੰ ਇਕਜੁੱਟ ਹੋ ਕੇ ਮੰਗਾਂ ਲਈ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਅਤੇ ਗੰਨਾ ਉਤਪਾਦਕਾਂ ਦੇ ਬਕਾਇਆ ਭੁਗਤਾਨ ਤੇ ਕਰਜ਼ਾ ਮੁਆਫ਼ੀ ਦੇ ਮਸਲੇ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਹਰਿੰਦਰ ਸਿੰਘ ਲੱਖੋਵਾਲ ਨੇ ਕਿਸਾਨਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕਰਨ ਅਤੇ ਗੰਨਾ ਉਤਪਾਦਕਾਂ ਦੀਆਂ ਰੁਕੀਆਂ ਅਦਾਇਗੀਆਂ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਪੁਰਾਣੇ ਜਲ-ਵੰਡ ਸਮਝੌਤੇ ਰੱਦ ਕਰਨ ਦੀ ਵੀ ਮੰਗ ਰੱਖੀ।
ਮਨਜੀਤ ਸਿੰਘ ਪੰਧੇਰ ਨੇ ਸਰਕਾਰ ਨੂੰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲੈਣ ਦੀ ਚਿਤਾਵਨੀ ਦਿੰਦਿਆਂ ਮੰਗਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ। ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਜੇ ਪੰਜਾਬ ਅਤੇ ਕੇਂਦਰ ਸਰਕਾਰ ਨੇ ਆਪਣੇ ਅਧੀਨ ਆਉਂਦੇ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੋਰਚਾ 7 ਸਤੰਬਰ ਤੋਂ ਬਾਅਦ ਵੀ ਜਾਰੀ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ’ਤੇ ਠੋਸ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਸਬੰਧੀ ਫੈਸਲਾ ਲਿਆ ਜਾ ਸਕਦਾ ਹੈ। ਇਸ ਦੌਰਾਨ ਕਿਸਾਨਾਂ ਨੇ ਮੋਰਚੇ ਵਾਲੀ ਥਾਂ ’ਤੇ ਬਿਜਲੀ, ਪਾਣੀ, ਮੋਬਾਈਲ ਟਾਇਲਟ ਅਤੇ ਸਫ਼ਾਈ ਦੀਆਂ ਸਹੂਲਤਾਂ ਨਾ ਮਿਲਣ ’ਤੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਵੀ ਰੋਸ ਜ਼ਾਹਰ ਕੀਤਾ।
Farmers Protest At Mohali chandigarh Border Continues For Second Day Demand Rs 500 Sugarcane Price Along With Msp
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)