ਮੁਹਾਲੀ-ਚੰਡੀਗੜ੍ਹ ਬਾਰਡਰ ’ਤੇ 1 ਸਤੰਬਰ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਸੋਮਵਾਰ ਨੂੰ ਸੱਤਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਐਤਵਾਰ ਨੂੰ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਬੈਠਕ ਤੋਂ ਬਾਅਦ ਮੋਰਚਾ ਖ਼ਤਮ ਹੋਣ ਦੇ ਆਸਾਰ ਬਣ ਗਏ ਹਨ। ਬੈਠਕ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰ ਦੀ ਨੁਮਾਇੰਦਗੀ ਕੀਤੀ, ਜਦਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਸੂਤਰਾਂ ਮੁਤਾਬਕ ਬੈਠਕ ਸਕਾਰਾਤਮਕ ਰਹੀ ਅਤੇ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਨਾਲ ਸਬੰਧਤ ਕਈ ਮੰਗਾਂ ’ਤੇ ਸਹਿਮਤੀ ਬਣੀ।
ਸਰਕਾਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਣੀਆਂ ਦੇ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ। ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਵੀ ਕਿਸਾਨਾਂ ਨਾਲ ਗੱਲਬਾਤ ਕਰਕੇ ਕੇਂਦਰ ਅੱਗੇ ਮਾਮਲਾ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂ ਅੰਦਰੂਨੀ ਬੈਠਕ ਕਰਨਗੇ। ਇਸ ਤੋਂ ਬਾਅਦ ਮੋਰਚੇ ਦੀ ਸਟੇਜ ਤੋਂ ਸਰਕਾਰ ਨਾਲ ਹੋਈ ਗੱਲਬਾਤ ਅਤੇ ਮੰਗਾਂ ’ਤੇ ਬਣੀ ਸਹਿਮਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਦਾ ਲਿਖਤੀ ਮਸੌਦਾ ਵੀ ਕਿਸਾਨਾਂ ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੋਰਚਾ ਖ਼ਤਮ ਕਰਨ ਬਾਰੇ ਅੰਤਿਮ ਫੈਸਲਾ ਹੋ ਸਕਦਾ ਹੈ।
ਰਾਕੇਸ਼ ਟਿਕੈਤ ਵੀ ਮੋਰਚੇ ’ਚ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਐਤਵਾਰ ਨੂੰ ਮੋਰਚੇ ਵਿੱਚ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਉਚਿਤ ਮੁੱਲ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਕਿਸਾਨ ਜਥੇਬੰਦੀਆਂ ਦੀਆਂ ਮੁੱਖ ਮੰਗਾਂ ਵਿੱਚ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਧਾਰਾਵਾਂ 78, 79 ਅਤੇ 80 ਰੱਦ ਕਰਨਾ, ਪੂਰਾ ਕਰਜ਼ਾ ਮੁਆਫ਼ ਕਰਨਾ, ਸਵਾਮੀਨਾਥਨ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕਰਨਾ, ਬਿਜਲੀ ਬਿੱਲ-2025 ਅਤੇ ਬੀਜ ਬਿੱਲ-2025 ਵਾਪਸ ਲੈਣਾ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨਾ ਅਤੇ ਲੈਂਡ ਪੂਲਿੰਗ ਸਕੀਮ ਰੱਦ ਕਰਨਾ ਸ਼ਾਮਲ ਹੈ। ਮੋਰਚੇ ਕਾਰਨ ਮੁਹਾਲੀ-ਚੰਡੀਗੜ੍ਹ ਮੁੱਖ ਸੜਕ ’ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਪੰਜਾਬ ਭਰ ਤੋਂ ਆਏ ਕਿਸਾਨਾਂ ਦੀਆਂ ਟਰੈਕਟਰ-ਟਰਾਲੀਆਂ ਸੜਕ ਦੇ ਦੋਵੇਂ ਪਾਸੇ ਖੜ੍ਹੀਆਂ ਹਨ, ਹਾਲਾਂਕਿ ਇੱਕ ਪਾਸੇ ਤੋਂ ਆਵਾਜਾਈ ਲਈ ਰਸਤਾ ਖੁੱਲ੍ਹਾ ਰੱਖਿਆ ਗਿਆ ਹੈ।
Likelihood Of Farmers Protest At Mohali chandigarh Border Ending Government Has Accepted Several Demands
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)