ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗਰਗੱਜ ਨੇ ਪਾਕਿਸਤਾਨੀ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਇੱਕ ਪੱਤਰ ਲਿਖ ਕੇ ਲਾਹੌਰ ਸਥਿਤ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਅਤੇ ਸੰਭਾਲ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਲਾਹੌਰ ਦੇ ਅੰਦਰੂਨ ਸ਼ਹਿਰ ਵਿੱਚ ਸਥਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ ਸਬੰਧਤ ਇਤਿਹਾਸਕ ਸਥਾਨ 'ਲਾਲ ਖੂਹ, ਕੱਟੜੀ ਚੰਦੂ' ਦੇ ਆਲੇ-ਦੁਆਲੇ ਹੋ ਰਹੀਆਂ ਉਸਾਰੀਆਂ 'ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਇਸ ਦੀ ਮੌਜੂਦਾ ਸਥਿਤੀ ਦੀ ਅਧਿਕਾਰਤ ਜਾਂਚ ਕਰਵਾਉਣ ਲਈ ਆਖਿਆ ਹੈ। ਇਹ ਪੱਤਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੂੰ ਵੀ ਭੇਜਿਆ ਗਿਆ ਹੈ।
ਜਥੇਦਾਰ ਗੜਗੱਜ ਨੇ ਪੱਤਰ ਵਿੱਚ ਸਪੱਸ਼ਟ ਕੀਤਾ ਕਿ ਇਸ ਦਾ ਮਕਸਦ ਕਿਸੇ 'ਤੇ ਦੋਸ਼ ਲਗਾਉਣਾ ਨਹੀਂ, ਸਗੋਂ ਵੰਡ ਅਤੇ ਸ਼ਹਿਰੀ ਵਿਕਾਸ ਕਾਰਨ ਮਿਟ ਰਹੀਆਂ ਸਿੱਖ ਇਤਿਹਾਸਕ ਨਿਸ਼ਾਨੀਆਂ ਨੂੰ ਬਚਾਉਣਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੰਭਾਲ ਲਈ ਜਾਰੀ ਫੰਡਾਂ ਦੀ ਸ਼ਲਾਘਾ ਕਰਦਿਆਂ ਸੁਝਾਅ ਦਿੱਤਾ ਕਿ ਵਾਲਡ ਸਿਟੀ ਆਫ਼ ਲਾਹੌਰ ਅਥਾਰਿਟੀ ਅਤੇ ਪੁਰਾਤੱਤਵ ਵਿਭਾਗ ਦੇ ਮਾਹਰਾਂ, ਸਿੱਖ ਇਤਿਹਾਸਕਾਰਾਂ ਤੇ ਪੀਐੱਸਜੀਪੀਸੀ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾ ਕੇ ਲਾਲ ਖੂਹ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜਾਂਚ ਮੁਕੰਮਲ ਹੋਣ ਤੱਕ ਉੱਥੇ ਚੱਲ ਰਹੀ ਕਿਸੇ ਵੀ ਤਰ੍ਹਾਂ ਦੀ ਉਸਾਰੀ 'ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਲਾਹੌਰ ਦੇ ਸਾਰੇ ਸਿੱਖ ਵਿਰਾਸਤੀ ਸਥਾਨਾਂ ਦਾ ਵਿਆਪਕ ਸਰਵੇਖਣ ਕਰਵਾ ਕੇ ਉਨ੍ਹਾਂ ਨੂੰ ਕਾਨੂੰਨੀ ਤੌਰ 'ਤੇ ਸੁਰੱਖਿਅਤ ਐਲਾਨਿਆ ਜਾਵੇ।
ਸਿੰਘ ਸਾਹਿਬ ਨੇ ਆਖਿਆ ਕਿ ਕਿਸੇ ਇਤਿਹਾਸਕ ਸਥਾਨ ਨਾਲ ਜੁੜੀ ਯਾਦ ਦੀ ਮਹੱਤਤਾ ਉਸ ਦੀ ਭੌਤਿਕ ਸ਼ਕਲ ਨਾਲੋਂ ਕਿਤੇ ਵੱਧ ਹੁੰਦੀ ਹੈ, ਇਸ ਲਈ ਇਨ੍ਹਾਂ ਨਿਸ਼ਾਨੀਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਾਕਿਸਤਾਨ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਣਦੀ ਕਾਰਵਾਈ ਕਰੇਗੀ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਸਾਂਝੀ ਕੀਤੀ ਜਾਵੇਗੀ।
Jathedar Gargajj s Letter To Maryam Nawaz For The Preservation Of lal Khu In Lahore
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)